ਮਰਕੁਸ ਮੁਤਾਬਕ ਖ਼ੁਸ਼ ਖ਼ਬਰੀ 10:1-52
10 ਉੱਥੋਂ ਯਿਸੂ ਯਰਦਨ ਦਰਿਆ ਪਾਰ ਕਰ ਕੇ ਯਹੂਦਿਯਾ ਦੇ ਸਰਹੱਦੀ ਇਲਾਕਿਆਂ ਵਿਚ ਆਇਆ। ਉੱਥੇ ਵੀ ਉਸ ਦੁਆਲੇ ਭੀੜ ਇਕੱਠੀ ਹੋ ਗਈ ਅਤੇ ਹਮੇਸ਼ਾ ਵਾਂਗ ਉਹ ਉਨ੍ਹਾਂ ਨੂੰ ਸਿਖਾਉਣ ਲੱਗ ਪਿਆ।+
2 ਫਿਰ ਫ਼ਰੀਸੀ ਉੱਥੇ ਉਸ ਦੀ ਪਰੀਖਿਆ ਲੈਣ ਦੇ ਇਰਾਦੇ ਨਾਲ ਆਏ ਅਤੇ ਉਨ੍ਹਾਂ ਨੇ ਪੁੱਛਿਆ ਕਿ ਕੀ ਕਿਸੇ ਆਦਮੀ ਲਈ ਆਪਣੀ ਪਤਨੀ ਨੂੰ ਤਲਾਕ ਦੇਣਾ ਠੀਕ ਹੈ?+
3 ਉਸ ਨੇ ਉਨ੍ਹਾਂ ਨੂੰ ਕਿਹਾ: “ਮੂਸਾ ਨੇ ਤੁਹਾਨੂੰ ਕੀ ਹੁਕਮ ਦਿੱਤਾ ਸੀ?”
4 ਉਨ੍ਹਾਂ ਨੇ ਜਵਾਬ ਦਿੱਤਾ: “ਮੂਸਾ ਨੇ ਪਤੀ ਨੂੰ ਇਜਾਜ਼ਤ ਦਿੱਤੀ ਸੀ ਕਿ ਉਹ ਤਲਾਕਨਾਮਾ ਲਿਖ ਕੇ ਆਪਣੀ ਪਤਨੀ ਨੂੰ ਛੱਡ ਸਕਦਾ ਹੈ।”+
5 ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਮੂਸਾ ਨੇ ਤੁਹਾਡੀ ਪੱਥਰਦਿਲੀ ਕਰਕੇ+ ਤੁਹਾਡੇ ਲਈ ਇਹ ਹੁਕਮ ਲਿਖਿਆ ਸੀ।+
6 ਪਰ ਪਰਮੇਸ਼ੁਰ ਨੇ ਸ੍ਰਿਸ਼ਟੀ ਦੀ ਸ਼ੁਰੂਆਤ ਤੋਂ ‘ਉਨ੍ਹਾਂ ਨੂੰ ਆਦਮੀ ਅਤੇ ਔਰਤ ਬਣਾਇਆ ਸੀ।+
7 ਇਸ ਕਰਕੇ ਆਦਮੀ ਆਪਣੇ ਮਾਂ-ਬਾਪ ਨੂੰ ਛੱਡੇਗਾ+
8 ਅਤੇ ਪਤੀ-ਪਤਨੀ ਇਕ ਸਰੀਰ ਹੋਣਗੇ,’+ ਉਹ ਹੁਣ ਦੋ ਨਹੀਂ, ਸਗੋਂ ਇਕ ਸਰੀਰ ਹਨ।
9 ਇਸ ਲਈ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਇਸ ਬੰਧਨ* ਵਿਚ ਬੰਨ੍ਹਿਆ ਹੈ, ਕੋਈ ਵੀ ਇਨਸਾਨ ਉਨ੍ਹਾਂ ਨੂੰ ਅੱਡ ਨਾ ਕਰੇ।”+
10 ਫਿਰ ਘਰ ਆ ਕੇ ਚੇਲੇ ਉਸ ਨੂੰ ਇਸ ਬਾਰੇ ਸਵਾਲ ਪੁੱਛਣ ਲੱਗੇ।
11 ਉਸ ਨੇ ਉਨ੍ਹਾਂ ਨੂੰ ਕਿਹਾ: “ਜਿਹੜਾ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਕਿਸੇ ਹੋਰ ਨਾਲ ਵਿਆਹ ਕਰਾਉਂਦਾ ਹੈ, ਉਹ ਹਰਾਮਕਾਰੀ ਕਰਦਾ ਹੈ+ ਤੇ ਆਪਣੀ ਪਹਿਲੀ ਪਤਨੀ ਦੇ ਹੱਕ ਨੂੰ ਮਾਰਦਾ ਹੈ,
12 ਜੇ ਕੋਈ ਤੀਵੀਂ ਆਪਣੇ ਪਤੀ ਨੂੰ ਤਲਾਕ ਦੇ ਕੇ ਕਿਸੇ ਹੋਰ ਨਾਲ ਵਿਆਹ ਕਰਾਉਂਦੀ ਹੈ, ਉਹ ਹਰਾਮਕਾਰੀ ਕਰਦੀ ਹੈ।”+
13 ਹੁਣ ਲੋਕ ਆਪਣੇ ਨਿਆਣਿਆਂ ਨੂੰ ਉਸ ਕੋਲ ਲਿਆਉਣ ਲੱਗੇ ਤਾਂਕਿ ਉਹ ਉਨ੍ਹਾਂ ਦੇ ਸਿਰਾਂ ’ਤੇ ਹੱਥ ਰੱਖੇ, ਪਰ ਚੇਲਿਆਂ ਨੇ ਲੋਕਾਂ ਨੂੰ ਝਿੜਕਿਆ।+
14 ਇਹ ਦੇਖ ਕੇ ਯਿਸੂ ਨੂੰ ਚੰਗਾ ਨਹੀਂ ਲੱਗਾ ਅਤੇ ਉਸ ਨੇ ਉਨ੍ਹਾਂ ਨੂੰ ਕਿਹਾ: “ਨਿਆਣਿਆਂ ਨੂੰ ਮੇਰੇ ਕੋਲ ਆਉਣ ਦਿਓ; ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਨਾ ਕਰੋ ਕਿਉਂਕਿ ਪਰਮੇਸ਼ੁਰ ਦਾ ਰਾਜ ਇਨ੍ਹਾਂ ਵਰਗਿਆਂ ਦਾ ਹੈ।+
15 ਮੈਂ ਤੁਹਾਨੂੰ ਸੱਚ ਦੱਸਦਾ ਹਾਂ: ਜਿਹੜਾ ਇਨਸਾਨ ਇਕ ਬੱਚੇ ਵਾਂਗ ਪਰਮੇਸ਼ੁਰ ਦੇ ਰਾਜ ਨੂੰ ਕਬੂਲ ਨਹੀਂ ਕਰਦਾ, ਉਹ ਉਸ ਰਾਜ ਵਿਚ ਹਰਗਿਜ਼ ਨਹੀਂ ਜਾ ਸਕੇਗਾ।”+
16 ਫਿਰ ਉਸ ਨੇ ਬੱਚਿਆਂ ਨੂੰ ਆਪਣੀਆਂ ਬਾਹਾਂ ਵਿਚ ਲਿਆ ਅਤੇ ਉਨ੍ਹਾਂ ਨੂੰ ਅਸੀਸਾਂ ਦਿੱਤੀਆਂ ਅਤੇ ਉਨ੍ਹਾਂ ਦੇ ਸਿਰਾਂ ’ਤੇ ਹੱਥ ਰੱਖੇ।+
17 ਜਦੋਂ ਉਹ ਜਾ ਰਿਹਾ ਸੀ, ਤਾਂ ਰਾਹ ਵਿਚ ਇਕ ਆਦਮੀ ਉਸ ਕੋਲ ਭੱਜਾ ਆਇਆ ਅਤੇ ਉਸ ਦੇ ਸਾਮ੍ਹਣੇ ਗੋਡੇ ਟੇਕ ਕੇ ਪੁੱਛਿਆ: “ਚੰਗੇ ਗੁਰੂ ਜੀ, ਮੈਂ ਹਮੇਸ਼ਾ ਦੀ ਜ਼ਿੰਦਗੀ ਪਾਉਣ ਲਈ ਕੀ ਕਰਾਂ?”+
18 ਯਿਸੂ ਨੇ ਉਸ ਨੂੰ ਕਿਹਾ: “ਤੂੰ ਮੈਨੂੰ ਚੰਗਾ ਕਿਉਂ ਕਹਿੰਦਾ ਹੈਂ? ਪਰਮੇਸ਼ੁਰ ਤੋਂ ਇਲਾਵਾ ਹੋਰ ਕੋਈ ਚੰਗਾ ਨਹੀਂ।+
19 ਤੈਨੂੰ ਇਹ ਹੁਕਮ ਤਾਂ ਪਤਾ ਹੋਣੇ: ‘ਤੂੰ ਖ਼ੂਨ ਨਾ ਕਰ,+ ਤੂੰ ਹਰਾਮਕਾਰੀ ਨਾ ਕਰ,+ ਤੂੰ ਚੋਰੀ ਨਾ ਕਰ,+ ਤੂੰ ਝੂਠੀ ਗਵਾਹੀ ਨਾ ਦੇ,+ ਤੂੰ ਠੱਗੀ ਨਾ ਮਾਰ,+ ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ।’”+
20 ਉਸ ਆਦਮੀ ਨੇ ਉਸ ਨੂੰ ਕਿਹਾ: “ਗੁਰੂ ਜੀ, ਮੈਂ ਜਵਾਨੀ ਤੋਂ ਹੀ ਇਨ੍ਹਾਂ ਸਾਰੇ ਹੁਕਮਾਂ ਨੂੰ ਮੰਨਦਾ ਆਇਆ ਹਾਂ।”
21 ਯਿਸੂ ਨੇ ਉਸ ਵੱਲ ਦੇਖਿਆ ਤੇ ਉਸ ਦਾ ਦਿਲ ਉਸ ਵਾਸਤੇ ਪਿਆਰ ਨਾਲ ਭਰ ਗਿਆ ਅਤੇ ਉਸ ਨੇ ਕਿਹਾ: “ਤੇਰੇ ਵਿਚ ਇਕ ਗੱਲ ਦੀ ਘਾਟ ਹੈ: ਤੂੰ ਜਾ ਕੇ ਆਪਣਾ ਸਾਰਾ ਕੁਝ ਵੇਚ ਦੇ ਅਤੇ ਪੈਸੇ ਗ਼ਰੀਬਾਂ ਵਿਚ ਵੰਡ ਦੇ, ਤਾਂ ਤੈਨੂੰ ਸਵਰਗ ਵਿਚ ਖ਼ਜ਼ਾਨਾ ਮਿਲੇਗਾ ਅਤੇ ਆ ਕੇ ਮੇਰਾ ਚੇਲਾ ਬਣ ਜਾ।”+
22 ਪਰ ਉਹ ਆਦਮੀ ਉਸ ਦੀ ਗੱਲ ਸੁਣ ਕੇ ਬਹੁਤ ਉਦਾਸ ਹੋਇਆ ਅਤੇ ਦੁਖੀ ਹੋ ਕੇ ਚਲਾ ਗਿਆ ਕਿਉਂਕਿ ਉਸ ਕੋਲ ਬਹੁਤ ਧਨ-ਦੌਲਤ ਸੀ।+
23 ਆਲੇ-ਦੁਆਲੇ ਖੜ੍ਹੇ ਲੋਕਾਂ ਨੂੰ ਦੇਖ ਕੇ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ: “ਅਮੀਰ ਲੋਕਾਂ ਲਈ ਪਰਮੇਸ਼ੁਰ ਦੇ ਰਾਜ ਵਿਚ ਜਾਣਾ ਕਿੰਨਾ ਔਖਾ ਹੋਵੇਗਾ!”+
24 ਪਰ ਚੇਲੇ ਉਸ ਦੀ ਗੱਲ ਸੁਣ ਕੇ ਹੈਰਾਨ ਹੋਏ। ਇਹ ਦੇਖ ਕੇ ਯਿਸੂ ਨੇ ਕਿਹਾ: “ਬੱਚਿਓ, ਪਰਮੇਸ਼ੁਰ ਦੇ ਰਾਜ ਵਿਚ ਜਾਣਾ ਬਹੁਤ ਔਖਾ ਹੈ!
25 ਕਿਸੇ ਅਮੀਰ ਲਈ ਪਰਮੇਸ਼ੁਰ ਦੇ ਰਾਜ ਵਿਚ ਜਾਣ ਨਾਲੋਂ ਊਠ ਵਾਸਤੇ ਸੂਈ ਦੇ ਨੱਕੇ ਵਿੱਚੋਂ ਲੰਘਣਾ ਜ਼ਿਆਦਾ ਸੌਖਾ ਹੈ।”+
26 ਉਹ ਹੋਰ ਵੀ ਹੈਰਾਨ ਹੋਏ ਅਤੇ ਉਸ ਨੂੰ ਪੁੱਛਿਆ:* “ਤਾਂ ਫਿਰ ਕੌਣ ਬਚੂ?”+
27 ਯਿਸੂ ਨੇ ਸਿੱਧਾ ਉਨ੍ਹਾਂ ਵੱਲ ਦੇਖਦੇ ਹੋਏ ਕਿਹਾ: “ਇਨਸਾਨਾਂ ਲਈ ਇਹ ਨਾਮੁਮਕਿਨ ਹੈ, ਪਰ ਪਰਮੇਸ਼ੁਰ ਲਈ ਨਹੀਂ ਕਿਉਂਕਿ ਪਰਮੇਸ਼ੁਰ ਸਭ ਕੁਝ ਕਰ ਸਕਦਾ ਹੈ।”+
28 ਫਿਰ ਪਤਰਸ ਨੇ ਉਸ ਨੂੰ ਕਿਹਾ: “ਦੇਖ! ਅਸੀਂ ਸਾਰਾ ਕੁਝ ਛੱਡ ਕੇ ਤੇਰੇ ਪਿੱਛੇ-ਪਿੱਛੇ ਤੁਰ ਪਏ ਹਾਂ।”+
29 ਯਿਸੂ ਨੇ ਕਿਹਾ: “ਮੈਂ ਤੁਹਾਨੂੰ ਸੱਚ ਕਹਿੰਦਾ ਹਾਂ, ਜਿਸ ਨੇ ਵੀ ਮੇਰੀ ਖ਼ਾਤਰ ਅਤੇ ਖ਼ੁਸ਼ ਖ਼ਬਰੀ ਦੀ ਖ਼ਾਤਰ ਘਰ ਜਾਂ ਭਰਾਵਾਂ ਜਾਂ ਭੈਣਾਂ ਜਾਂ ਮਾਂ ਜਾਂ ਪਿਉ ਜਾਂ ਬੱਚਿਆਂ ਜਾਂ ਖੇਤਾਂ ਨੂੰ ਛੱਡਿਆ ਹੈ,+
30 ਉਹ ਹੁਣ ਇਹ ਸਭ 100 ਗੁਣਾ ਪਾਵੇਗਾ: ਘਰ, ਭਰਾ, ਭੈਣਾਂ, ਮਾਵਾਂ, ਬੱਚੇ ਤੇ ਖੇਤ, ਪਰ ਅਤਿਆਚਾਰਾਂ ਨਾਲ+ ਅਤੇ ਆਉਣ ਵਾਲੇ ਸਮੇਂ* ਵਿਚ ਹਮੇਸ਼ਾ ਦੀ ਜ਼ਿੰਦਗੀ।
31 ਪਰ ਕਈ ਲੋਕ ਜਿਹੜੇ ਅੱਗੇ ਹਨ, ਉਹ ਪਿੱਛੇ ਹੋ ਜਾਣਗੇ ਅਤੇ ਪਿਛਲੇ ਅੱਗੇ ਹੋ ਜਾਣਗੇ।”+
32 ਹੁਣ ਉਹ ਯਰੂਸ਼ਲਮ ਨੂੰ ਜਾਂਦੇ ਰਾਹ ’ਤੇ ਜਾ ਰਹੇ ਸਨ। ਯਿਸੂ ਚੇਲਿਆਂ ਦੇ ਅੱਗੇ-ਅੱਗੇ ਜਾ ਰਿਹਾ ਸੀ ਅਤੇ ਚੇਲਿਆਂ ਨੂੰ ਹੈਰਾਨੀ ਹੋ ਰਹੀ ਸੀ, ਪਰ ਪਿੱਛੇ-ਪਿੱਛੇ ਆ ਰਹੇ ਹੋਰ ਲੋਕ ਡਰਨ ਲੱਗ ਪਏ। ਉਹ 12 ਰਸੂਲਾਂ ਨੂੰ ਦੁਬਾਰਾ ਇਕ ਪਾਸੇ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਣ ਲੱਗਾ ਕਿ ਉਸ ਨਾਲ ਕੀ-ਕੀ ਹੋਵੇਗਾ:+
33 “ਦੇਖੋ! ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ, ਉੱਥੇ ਮਨੁੱਖ ਦੇ ਪੁੱਤਰ ਨੂੰ ਮੁੱਖ ਪੁਜਾਰੀਆਂ ਅਤੇ ਗ੍ਰੰਥੀਆਂ ਦੇ ਹਵਾਲੇ ਕੀਤਾ ਜਾਵੇਗਾ। ਉਹ ਉਸ ਨੂੰ ਮੌਤ ਦੀ ਸਜ਼ਾ ਸੁਣਾਉਣਗੇ ਅਤੇ ਉਸ ਨੂੰ ਗ਼ੈਰ-ਯਹੂਦੀ ਲੋਕਾਂ ਦੇ ਹਵਾਲੇ ਕਰਨਗੇ
34 ਅਤੇ ਉਹ ਉਸ ਦਾ ਮਜ਼ਾਕ ਉਡਾਉਣਗੇ, ਉਸ ਉੱਤੇ ਥੁੱਕਣਗੇ, ਉਸ ਨੂੰ ਕੋਰੜੇ ਮਾਰਨਗੇ ਤੇ ਜਾਨੋਂ ਮਾਰ ਦੇਣਗੇ, ਪਰ ਉਹ ਤਿੰਨਾਂ ਦਿਨਾਂ ਬਾਅਦ ਦੁਬਾਰਾ ਜੀਉਂਦਾ ਹੋ ਜਾਵੇਗਾ।”+
35 ਜ਼ਬਦੀ ਦੇ ਦੋ ਪੁੱਤਰ ਯਾਕੂਬ ਤੇ ਯੂਹੰਨਾ+ ਉਸ ਕੋਲ ਆਏ ਅਤੇ ਕਹਿਣ ਲੱਗੇ: “ਗੁਰੂ ਜੀ, ਅਸੀਂ ਚਾਹੁੰਦੇ ਹਾਂ ਕਿ ਅਸੀਂ ਤੈਨੂੰ ਜੋ ਕਹੀਏ, ਉਹ ਤੂੰ ਸਾਡੇ ਲਈ ਕਰੀਂ।”+
36 ਉਸ ਨੇ ਉਨ੍ਹਾਂ ਨੂੰ ਪੁੱਛਿਆ: “ਤੁਸੀਂ ਕੀ ਚਾਹੁੰਦੇ ਹੋ, ਮੈਂ ਤੁਹਾਡੇ ਲਈ ਕੀ ਕਰਾਂ?”
37 ਉਨ੍ਹਾਂ ਨੇ ਉਸ ਨੂੰ ਕਿਹਾ: “ਆਪਣੇ ਰਾਜ ਵਿਚ ਹਕੂਮਤ ਕਰਨ ਵੇਲੇ ਸਾਡੇ ਦੋਵਾਂ ਵਿੱਚੋਂ ਇਕ ਨੂੰ ਆਪਣੇ ਸੱਜੇ ਪਾਸੇ ਅਤੇ ਦੂਜੇ ਨੂੰ ਆਪਣੇ ਖੱਬੇ ਪਾਸੇ ਬੈਠਣ ਦਾ ਅਧਿਕਾਰ ਦੇਈਂ।”+
38 ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਤੁਹਾਨੂੰ ਨਹੀਂ ਪਤਾ ਕਿ ਤੁਸੀਂ ਕੀ ਮੰਗ ਰਹੇ ਹੋ। ਕੀ ਤੁਸੀਂ ਉਹ ਪਿਆਲਾ ਪੀ ਸਕਦੇ ਹੋ ਜੋ ਮੈਂ ਪੀ ਰਿਹਾ ਹਾਂ ਜਾਂ ਕੀ ਤੁਸੀਂ ਉਹ ਬਪਤਿਸਮਾ ਲੈ ਸਕਦੇ ਹੋ ਜੋ ਬਪਤਿਸਮਾ ਮੈਂ ਲੈ ਰਿਹਾ ਹਾਂ?”+
39 ਉਨ੍ਹਾਂ ਨੇ ਉਸ ਨੂੰ ਕਿਹਾ: “ਹਾਂ, ਅਸੀਂ ਇੱਦਾਂ ਕਰ ਸਕਦੇ ਹਾਂ।” ਇਹ ਸੁਣ ਕੇ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਜੋ ਪਿਆਲਾ ਮੈਂ ਪੀ ਰਿਹਾ ਹਾਂ, ਉਹ ਤੁਸੀਂ ਵੀ ਪੀਓਗੇ ਅਤੇ ਜੋ ਬਪਤਿਸਮਾ ਮੈਂ ਲੈ ਰਿਹਾ ਹਾਂ, ਉਹ ਬਪਤਿਸਮਾ ਤੁਸੀਂ ਵੀ ਲਓਗੇ।+
40 ਪਰ ਇਹ ਫ਼ੈਸਲਾ ਕਰਨ ਦਾ ਅਧਿਕਾਰ ਮੇਰੇ ਕੋਲ ਨਹੀਂ ਹੈ ਕਿ ਕੌਣ ਮੇਰੇ ਸੱਜੇ ਪਾਸੇ ਅਤੇ ਕੌਣ ਖੱਬੇ ਪਾਸੇ ਬੈਠੇਗਾ, ਸਗੋਂ ਪਰਮੇਸ਼ੁਰ ਇਸ ਗੱਲ ਦਾ ਫ਼ੈਸਲਾ ਕਰੇਗਾ।”
41 ਜਦੋਂ ਬਾਕੀ ਦਸਾਂ ਚੇਲਿਆਂ ਨੂੰ ਇਸ ਗੱਲ ਬਾਰੇ ਪਤਾ ਲੱਗਾ, ਤਾਂ ਉਹ ਯਾਕੂਬ ਅਤੇ ਯੂਹੰਨਾ ’ਤੇ ਗੁੱਸੇ ਹੋਏ।+
42 ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ: “ਤੁਸੀਂ ਜਾਣਦੇ ਹੋ ਕਿ ਜਿਨ੍ਹਾਂ ਨੂੰ ਦੁਨੀਆਂ ਦੇ ਰਾਜੇ ਸਮਝਿਆ ਜਾਂਦਾ ਹੈ, ਉਹ ਲੋਕਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਦੁਨੀਆਂ ਦੇ ਵੱਡੇ-ਵੱਡੇ ਲੋਕ ਉਨ੍ਹਾਂ ਨੂੰ ਦਬਾ ਕੇ ਰੱਖਦੇ ਹਨ।+
43 ਪਰ ਤੁਹਾਨੂੰ ਇੱਦਾਂ ਨਹੀਂ ਕਰਨਾ ਚਾਹੀਦਾ; ਸਗੋਂ ਤੁਹਾਡੇ ਵਿੱਚੋਂ ਜਿਹੜਾ ਵੱਡਾ ਬਣਨਾ ਚਾਹੁੰਦਾ ਹੈ, ਉਹ ਤੁਹਾਡਾ ਸੇਵਕ ਬਣੇ+
44 ਅਤੇ ਜਿਹੜਾ ਤੁਹਾਡੇ ਵਿੱਚੋਂ ਮੋਹਰੀ ਬਣਨਾ ਚਾਹੁੰਦਾ ਹੈ ਉਹ ਸਾਰਿਆਂ ਦਾ ਨੌਕਰ ਬਣੇ।
45 ਕਿਉਂਕਿ ਮਨੁੱਖ ਦਾ ਪੁੱਤਰ ਵੀ ਆਪਣੀ ਸੇਵਾ ਕਰਾਉਣ ਨਹੀਂ, ਸਗੋਂ ਸੇਵਾ ਕਰਨ+ ਅਤੇ ਬਹੁਤ ਸਾਰੇ ਲੋਕਾਂ ਦੀ ਰਿਹਾਈ ਦੀ ਕੀਮਤ ਦੇਣ ਲਈ ਆਪਣੀ ਜਾਨ ਕੁਰਬਾਨ ਕਰਨ ਆਇਆ।”+
46 ਫਿਰ ਉਹ ਯਰੀਹੋ ਵਿਚ ਆਏ। ਪਰ ਜਦੋਂ ਯਿਸੂ, ਉਸ ਦੇ ਚੇਲੇ ਤੇ ਬਹੁਤ ਸਾਰੇ ਲੋਕ ਯਰੀਹੋ ਤੋਂ ਬਾਹਰ ਜਾ ਰਹੇ ਸਨ, ਤਾਂ ਰਾਹ ਵਿਚ ਅੰਨ੍ਹਾ ਭਿਖਾਰੀ ਬਰਤਿਮਈ (ਤਿਮਈ ਦਾ ਪੁੱਤਰ) ਬੈਠਾ ਹੋਇਆ ਸੀ।+
47 ਜਦੋਂ ਉਸ ਨੇ ਸੁਣਿਆ ਕਿ ਯਿਸੂ ਨਾਸਰੀ ਉੱਧਰੋਂ ਦੀ ਲੰਘ ਰਿਹਾ ਸੀ, ਤਾਂ ਉਹ ਉੱਚੀ-ਉੱਚੀ ਕਹਿਣ ਲੱਗਾ: “ਹੇ ਦਾਊਦ ਦੇ ਪੁੱਤਰ+ ਯਿਸੂ, ਮੇਰੇ ’ਤੇ ਰਹਿਮ ਕਰ!”+
48 ਲੋਕਾਂ ਨੇ ਉਸ ਨੂੰ ਝਿੜਕਿਆ ਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ-ਉੱਚੀ ਕਹਿਣ ਲੱਗਾ: “ਹੇ ਦਾਊਦ ਦੇ ਪੁੱਤਰ, ਮੇਰੇ ’ਤੇ ਰਹਿਮ ਕਰ!”
49 ਇਹ ਸੁਣ ਕੇ ਯਿਸੂ ਰੁਕ ਗਿਆ ਅਤੇ ਕਿਹਾ: “ਉਸ ਨੂੰ ਮੇਰੇ ਕੋਲ ਬੁਲਾਓ।” ਇਸ ਲਈ ਉਨ੍ਹਾਂ ਨੇ ਅੰਨ੍ਹੇ ਆਦਮੀ ਨੂੰ ਆਵਾਜ਼ ਦੇ ਕੇ ਕਿਹਾ: “ਹੌਸਲਾ ਰੱਖ! ਉੱਠ; ਉਹ ਤੈਨੂੰ ਬੁਲਾ ਰਿਹਾ ਹੈ।”
50 ਉਸ ਨੇ ਆਪਣਾ ਚੋਗਾ ਸੁੱਟਿਆ ਅਤੇ ਫੁਰਤੀ ਨਾਲ ਉੱਠ ਕੇ ਯਿਸੂ ਕੋਲ ਗਿਆ।
51 ਯਿਸੂ ਨੇ ਉਸ ਨੂੰ ਪੁੱਛਿਆ: “ਦੱਸ, ਮੈਂ ਤੇਰੇ ਲਈ ਕੀ ਕਰਾਂ?” ਉਸ ਅੰਨ੍ਹੇ ਆਦਮੀ ਨੇ ਕਿਹਾ: “ਗੁਰੂ ਜੀ,* ਮੈਨੂੰ ਸੁਜਾਖਾ ਕਰ ਦੇ।”
52 ਯਿਸੂ ਨੇ ਉਸ ਨੂੰ ਕਿਹਾ: “ਜਾਹ। ਤੂੰ ਆਪਣੀ ਨਿਹਚਾ ਕਰਕੇ ਚੰਗਾ ਹੋਇਆ ਹੈਂ।”+ ਉਸੇ ਵੇਲੇ ਉਸ ਦੀਆਂ ਅੱਖਾਂ ਦੀ ਰੌਸ਼ਨੀ ਵਾਪਸ ਆ ਗਈ+ ਤੇ ਉਹ ਰਾਹ ਵਿਚ ਯਿਸੂ ਦੇ ਨਾਲ ਤੁਰ ਪਿਆ।